ਕੁਰਾਲੀ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਤਾਜਪੋਸ਼ੀ
ਕੁਰਾਲੀ (ਸਹਿਜਧਾਰਾ ਬਿਊਰੋ), 5 ਅਕਤੂਬਰ: ਕੁਰਾਲੀ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਤਾਜਪੋਸ਼ੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੰਤਰੀ ਨੇ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਣਾ ਕੁਸ਼ਲਪਾਲ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਰਾਣਾ ਕੁਸ਼ਲਪਾਲ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਲੋਕ ਹਿੱਤ ਲਈ ਕੰਮ ਕਰਨਗੇ।

ਹਲਕਾ ਇੰਚਾਰਜ ਖਰੜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਰਾਣਾ ਕੁਸ਼ਲਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਰਾਣਾ ਕੁਸ਼ਲਪਾਲ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਤਾਜਪੋਸ਼ੀ ਮੌਕੇ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਨੇ ਪਾਰਟੀ ਲੀਡਰਸ਼ਿਪ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਪਰਮਿੰਦਰ ਸਿੰਘ ਗੋਲਡੀ ਅਤੇ ਸਮਾਗਮ ਵਿੱਚ ਹਾਜ਼ਰ ਸਾਰੇ ਸਤਿਕਾਰਯੋਗ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਬਹਾਦਰ ਸਿੰਘ ਓ.ਕੇ., ਪ੍ਰਧਾਨ ਨਗਰ ਕੌਂਸਲ ਕੁਰਾਲੀ, ਗੁਰਸ਼ਰਨ ਸਿੰਘ, ਹਲਕਾ ਸੰਗਠਨ ਇੰਚਾਰਜ, ਜੀ.ਪੀ. ਸਿੰਘ, ਪ੍ਰਧਾਨ ਐਸ.ਸੀ. ਵਿੰਗ ਪੰਜਾਬ, ਸਾਬਕਾ ਚੇਅਰਮੈਨ ਹਰੀਸ਼ ਰਾਣਾ, ਅਮਨਦੀਪ ਸਿੰਘ ਰੌਕੀ, ਅੰਮ੍ਰਿਤਪਾਲ ਸਿੰਘ ਸੈਕਟਰੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।