
ਸਕੱਤਰੇਤ ਦੇ ਮੁਲਾਜ਼ਮ ਆਗੂਆਂ ਮਨਜੀਤ ਸਿੰਘ ਰੰਧਾਵਾ, ਸਾਹਿਲ ਸ਼ਰਮਾ, ਮਲਕੀਅਤ ਸਿੰਘ ਔਜਲਾ, ਹਰੀ ਸਿੰਘ, ਅਲਕਾ ਚੋਪੜਾ, ਕੁਲਵੰਤ ਸਿੰਘ, ਬਜਰੰਗ ਯਾਦਵ ਅਤੇ ਬਲਰਾਜ ਸਿੰਘ ਦਾਊਂ ਭੁੱਖ ਹੜਤਾਲ ’ਤੇ ਬੈਠੇ
ਪਟਵਾਰ ਯੂਨੀਅਨ, ਭਰਾਤਰੀ ਜਥੇਬੰਦੀਆਂ ਅਤੇ ਸੇਵਾ ਮੁਕਤ ਅਧਿਕਾਰੀ ਸ਼ਾਮ ਲਾਲ ਸ਼ਰਮਾ ਸਮੇਤ ਪੈਨਸ਼ਨਰਜ਼ ਨੇ ਵੱਡੀ ਗਿਣਤੀ ਵਿੱਚ ਕੀਤੀ ਭਰਵੀਂ ਸ਼ਮੂਲੀਅਤ
ਚੰਡੀਗੜ੍ਹ (ਸਹਿਜਧਾਰਾ ਬਿਊਰੋ), 08 ਸਤੰਬਰ:
ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕੀਤੀ ਗਈ। ਇਹ ਹੜਤਾਲ ਚੰਡੀਗੜ, ਮੋਹਾਲੀ ਦੇ ਡਾਇਰੈਕੋਟੇਟਾਂ ਅਤੇ ਪੰਜਾਬ ਦੇ ਸਮੂਹ ਦਫਤਰਾਂ ਦੇ ਮੁਲਾਜ਼ਮਾਂ ਦੀ ਜਥੇਬੰਦੀ ਸਾਂਝਾ ਮੁਲਾਜ਼ਮ ਮੰਚ ਵੱਲੋਂ ਦਿੱਤੇ ਸੱਦੇ ਦਾ ਹਿੱਸਾ ਸੀ। ਇਸ ਦੌਰਾਨ ਵੱਖ-ਵੱਖ ਸ਼ਾਖਾਵਾਂ ਦੇ ਮੁਲਾਜ਼ਮ ਨਾਅਰੇਬਾਜ਼ੀ ਕਰਦੇ ਹੋਏ ਪਹਿਲਾਂ ਦੂਜੀ ਮੰਜਿਲ ‘ਤੇ ਮੁੱਖ ਮੰਤਰੀ ਦੇ ਦਫਤਰ ਦੇ ਬਾਹਰ ਨਾਅਰੇਬਾਜੀ ਕਰਕੇ ਫਿਰ ਸਕੱਤਰੇਤ ਦੇ ਮੇਨ ਗੇਟ ‘ਤੇ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜੋ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਚੱਲਿਆ। ਅੱਜ ਦੀ ਇਸ ਰੈਲੀ ਵਿੱਚ ਸਕੱਤਰੇਤ ਦੇ ਸਾਰੇ ਕਾਡਰਾਂ ਦੀਆਂ ਯੂਨੀਅਨਾਂ ਦੇ ਪ੍ਰਧਾਨ ਭੁੱਖ ਹੜਤਾਲ ‘ਤੇ ਬੈਠੇ, ਜਿਨਾਂ ਵਿੱਚ ਪੀ.ਐਸ.ਐਸ. ਕਾਡਰ ਵੱਲੋਂ ਮਨਜੀਤ ਸਿੰਘ ਰੰਧਾਵਾ, ਸੁਖਚੈਨ ਸਿੰਘ ਖਹਿਰਾ, ਸ਼ੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾਂ, ਪਰਸਨਲ ਸਟਾਫ ਵੱਲੋਂ ਮਲਕੀਤ ਸਿੰਘ ਔਜਲਾ, ਹਰੀ ਸਿੰਘ, ਵਿੱਤੀ ਕਮਿਸ਼ਨਰਜ਼ ਸਕੱਤਰੇਤ ਵੱਲੋਂ ਕੁਲਵੰਤ ਸਿੰਘ, ਅਲਕਾ ਚੋਪੜਾ ਅਤੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਬਲਰਾਜ ਸਿੰਘ ਦਾਊਂ ਅਤੇ ਪ੍ਰਹੁਣਚਾਰੀ ਵਿਭਾਗ ਵੱਲੋਂ ਬਜਰੰਗ ਯਾਦਵ ਆਦਿ ਸ਼ਾਮਿਲ ਸਨ। ਇਹ ਭੁੱਖ ਹੜਤਾਲ ਸੰਗਰੂਰ ਵਿਖੇ ਸੰਵਿਧਾਨਕ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਸਰਕਾਰੀ ਸ਼ਹਿ ‘ਤੇ ਪੁਲਿਸ ਵੱਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੇ ਵਿਰੋਧ ਵਿੱਚ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਅਤੇ ਸੰਵਿਧਾਨਕ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ।

ਅੱਜ ਦੀ ਇਸ ਰੈਲੀ ਵਿੱਚ ਮੁਲਾਜ਼ਮਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਆਪ ਸਰਕਾਰ ਵਿਰੁੱਧ ਗੁੱਸਾ ਸੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਗੰਭੀਰਤਾ ਦਿਖਾਉਣ ਦੀ ਬਜਾਏ ਜਥੇਬੰਦੀਆਂ ਨਾਲ ਮੀਟਿੰਗ ਕਰਨ ਅਤੇ ਮੰਗਾਂ ਦਾ ਨਿਪਟਾਰਾ ਕਰਨ ਤੋਂ ਲਗਾਤਾਰ ਭੱਜ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮ ਆਗੂਆਂ ਦੀਆਂ ਬਦਲੀਆਂ ਕਰਕੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਕੇ ਮੁਲਾਜ਼ਮ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਪਹਿਲਾਂ ਸੁਖਚੈਨ ਸਿੰਘ ਖਹਿਰਾ ਅਤੇ ਹਾਲ ਹੀ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਦੀ ਕੀਤੀ ਗਈ ਬਦਲੀ ਦਾ ਵੀ ਆਗੂਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਸਗੋਂ ਇਸ ਨਾਲ ਮੁਲਾਜ਼ਮ ਵਰਗ ਵਿੱਚ ਰੋਸ ਤੇ ਰੋਹ ਹੋਰ ਵਧ ਰਿਹਾ ਹੈ। ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀ “ਅਣਅਧਿਕਾਰਤ ਗੈਰਹਾਜ਼ਰੀ” ਸਬੰਧੀ ਜਾਰੀ ਕੀਤਾ ਗਿਆ ਪੱਤਰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ 27 ਤਾਰੀਖ਼ ਨੂੰ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਦਫ਼ਤਰਾਂ ਦੇ ਬਾਹਰ ਸੰਵਿਧਾਨਕ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਅਣਅਧਿਕਾਰਤ ਗੈਰਹਾਜ਼ਰੀ ਦੀ ਰਿਪੋਰਟ ਮੰਗਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਖਹਿਰਾ ਨੇ ਕਿਹਾ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਵਿਧਾਨਕ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਵਿਰੁੱਧ ਅਜਿਹੀ ਕਾਰਵਾਈ ਉਚਿਤ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਅਣਅਧਿਕਾਰਤ ਗੈਰਹਾਜ਼ਰੀ ਸਬੰਧੀ ਜਾਰੀ ਪੱਤਰ ਵਾਪਸ ਲਿਆ ਜਾਵੇ ਅਤੇ ਇਸ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਅਤੇ ਕਾਰਨ ਦੱਸੋ ਨੋਟਿਸ ਵੀ ਤੁਰੰਤ ਵਾਪਸ ਲਏ ਜਾਣ। ਉਨਾਂ ਸਰਕਾਰ ਦੇ ਰਵੱਈਏ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਉਹ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਕਿਉਂ ਭੱਜ ਰਹੀ ਹੈ ਅਤੇ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਮੀਟਿੰਗ ਲਈ ਸਮਾਂ ਕਿਉਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਚਾਹੁੰਦੇ ਹਨ, ਇਸ ਲਈ ਸਰਕਾਰ ਨੂੰ ਟਕਰਾਅ ਦਾ ਰਾਹ ਅਪਣਾਉਣ ਦੀ ਬਜਾਏ ਜਥੇਬੰਦੀਆਂ ਨੂੰ ਤੁਰੰਤ ਮੀਟਿੰਗ ਦਾ ਸਮਾਂ ਦੇ ਕੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ।

ਅੱਜ ਦੀ ਇਸ ਕਲਮ ਛੋੜ ਹੜਤਾਲ ਨੂੰ ਪੰਜਾਬ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਵੀ ਪੂਰਨ ਸਮਰਥਨ ਦਿੱਤਾ ਗਿਆ। ਯੂਨੀਅਨ ਦੇ ਮੈਂਬਰਾਂ ਵੱਲੋਂ ਕਲਮ ਛੋੜ ਹੜਤਾਲ ਕਰਕੇ ਮੁਲਾਜ਼ਮਾਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟਾਈ ਗਈ। ਇਸ ਦੇ ਨਾਲ ਹੀ ਹਰਿਆਣਾ ਸਿਵਲ ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੀ ਪੰਜਾਬ ਸਿਵਲ ਸਕੱਤਰੇਤ ਵਿੱਚ ਹੋ ਰਹੀ ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਅਤੇ ਆਪਣੀ ਪੰਜਾਬੀ ਭਰਾਵਾਂ ਨਾਲ ਇੱਕਜੁਟਤਾ ਦਿਖਾਈ। ਅੱਜ ਦੀ ਇਸ ਰੈਲੀ ਵਿੱਚ ਵੱਖ ਵੱਖ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਪ੍ਰਤੀ ਟਕਰਾਅ ਵਾਲਾ ਰਵੱਈਆ ਛੱਡ ਕੇ ਜਥੇਬੰਦੀਆਂ ਨਾਲ ਤੁਰੰਤ ਮੀਟਿੰਗ ਕੀਤੀ ਜਾਵੇ, ਹੱਕੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਖ਼ਿਲਾਫ਼ ਬਦਲੀਆਂ ਅਤੇ ਹੋਰ ਕਾਰਵਾਈਆਂ ਬੰਦ ਕੀਤੀਆਂ ਜਾਣ। ਇਸ ਮੌਕੇ ਆਗੂਆਂ ਵੱਲੋਂ ਕੱਲ੍ਹ ਵੀ ਕਲਮ ਛੋੜ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਤੇ ਹਾਂ-ਪੱਖੀ ਰਵੱਈਆ ਨਹੀਂ ਅਪਣਾਉਂਦੀ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅੱਜ ਦੀ ਇਸ ਰੋਸ ਰੈਲੀ ਵਿੱਚ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫੌਜੀ, ਮਲਕੀਅਤ ਔਜਲਾ, ਬਲਰਾਜ ਸਿੰਘ, ਸ਼ਾਮ ਲਾਲ, ਮਨਜੀਤ ਸਿੰਘ ਰੰਧਾਵਾ, ਸਾਹਿਲ ਸ਼ਰਮਾ, ਮਿਥੁਨ ਚਾਵਲਾ, ਕੁਲਵੰਤ ਸਿੰਘ, ਅਲਕਾ ਚੋਪੜਾ, ਸੰਦੀਪ, ਮਨਵੀਰ ਮਾਨਸਾ, ਮਨਦੀਪ, ਸੰਦੀਪ ਕੌਸ਼ਲ, ਅਤੇ ਪੈਨਸ਼ਨਰਜ਼ ਵੱਲੋਂ ਸਾਬਕਾ ਪ੍ਰਧਾਨ ਸ਼ਾਮ ਲਾਲ ਸ਼ਰਮਾਂ, ਉਮਾ ਕਾਂਤ ਤਿਵਾੜੀ, ਕਰਨੈਲ ਸੈਣੀ , ਬਲਬੀਰ ਗਿੱਲ ਸਮੇਤ ਕਈ ਹੋਰਨਾਂ ਨੇ ਵੀ ਸੰਬੋਧਨ ਕੀਤਾ।