ਇਕਹਿਰੀ ਵਰਤੋਂ ਵਾਲੇ ਪਲਾਸਟਿਕ ਵਿਰੁੱਧ ਜਾਗਰੂਕਤਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਵੱਲੋਂ ਨੁੱਕੜ ਨਾਟਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸਹਿਜਧਾਰਾ ਬਿਊਰੋ), 30 ਸਤੰਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨਗਰ ਨਿਗਮ ਮੋਹਾਲੀ ਦੇ ਸਹਿਯੋਗ ਨਾਲ ਅੱਜ ਮੋਹਾਲੀ ਦੇ ਵੱਖ-ਵੱਖ ਪ੍ਰਮੁੱਖ ਸਥਾਨਾਂ ’ਤੇ ਇਕਹਿਰੀ (ਸਿੰਗਲ ਯੂਜ਼) ਵਰਤੋਂ ਵਾਲੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਗਏ।

ਇਹ ਜਾਗਰੂਕਤਾ ਪ੍ਰੋਗਰਾਮ ਮਦਨਪੁਰ ਚੌਕ, ਮੋਹਾਲੀ ਬੱਸ ਅੱਡਾ ਅਤੇ ਸਬਜ਼ੀ ਮੰਡੀ, ਸੈਕਟਰ 68, ਮੋਹਾਲੀ ਵਿਖੇ ਕਰਵਾਇਆ ਗਿਆ। ਨੁੱਕੜ ਨਾਟਕਾਂ ਰਾਹੀਂ ਟੀਮ ਨੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਕਾਰਨ ਵਾਤਾਵਰਣ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਅਤੇ ਲੋਕਾਂ ਨੂੰ ਇਸ ਦੀ ਵਰਤੋਂ ਤੋਂ ਗੁਰੇਜ਼ ਕਰਦਿਆਂ ਮੁੜ ਵਰਤੋਂਯੋਗ ਅਤੇ ਵਾਤਾਵਰਣ ਪੱਖੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਜ਼ਿੰਮੇਵਾਰ ਢੰਗ ਨਾਲ ਕੂੜਾ ਪ੍ਰਬੰਧਨ ਕਰਨ, ਪਲਾਸਟਿਕ ਦੇ ਕੂੜੇ ਨੂੰ ਘਟਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਲਈ ਸਰਗਰਮ ਭੂਮਿਕਾ ਨਿਭਾਉਣ ਸਬੰਧੀ ਜਾਗਰੂਕ ਕਰਨਾ ਸੀ।