ਸ੍ਰੀ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝ ਦਾ ਸੰਦੇਸ਼ ਦਿੰਦੀਆਂ ਹਨ: ਐਸ.ਡੀ.ਐਮ. ਗੁਰਮੀਤ ਸਿੰਘ
ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਬਜਹੇੜੀ, ਬਾਸੀਆ ਅਤੇ ਬੱਤਾ ਵਿਖੇ ਦਿਖਾਈ ਗਈ
ਖਰੜ (ਸਹਿਜਧਾਰਾ ਬਿਊਰੋ) 05, ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖਰੜ ਬਲਾਕ ਦੇ ਪਿੰਡ ਬਜਹੇੜੀ, ਬਾਸੀਆ ਅਤੇ ਬੱਤਾ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਐਲ.ਈ.ਡੀ. ਸਕਰੀਨ ਰਾਹੀਂ ਪਿੰਡ ਵਾਸੀਆਂ ਨੂੰ ਦਿਖਾਈ ਗਈ। ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਨੂੰ ਬਰਾਬਰੀ, ਭਾਈਚਾਰੇ, ਆਪਸੀ ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਸਾਨੂੰ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਅੱਗੇ ਵਧਣ ਦਾ ਰਾਹ ਦਿਖਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਪਿੰਡ ਬਜਹੇੜੀ, ਬਾਸੀਆ ਅਤੇ ਬੱਤਾ ਵਿਖੇ ਡਾਕੂਮੈਂਟਰੀ ਦੇਖਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਹੋਏ। ਐਲ.ਈ.ਡੀ. ਸਕਰੀਨ ਉੱਪਰ ਦਿਖਾਈ ਗਈ 30 ਮਿੰਟ ਦੀ ਦਸਤਾਵੇਜ਼ੀ ਫਿਲਮ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੇ ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਮਨੁੱਖਤਾ, ਸਾਂਝੀਵਾਲਤਾ ਅਤੇ ਬਰਾਬਰੀ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਗੁਰਮੀਤ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਲੋਕਾਂ ਨੂੰ ਆਪਣੇ ਮਹਾਨ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ।