ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਖਰੜ ਦੇ ਪਿੰਡ ਬਦਰਪੁਰ ਅਤੇ ਕਾਲੇਵਾਲ ਵਿਖੇ ਦਿਖਾਈ ਗਈ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸੰਗਤਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ
ਖਰੜ (ਸਹਿਜਧਾਰਾ ਬਿਊਰੋ) 01, ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਬਦਰਪੁਰ ਅਤੇ ਕਾਲੇਵਾਲ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ। ਇਸ ਦਾ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਵਿਚਾਰਧਾਰਾ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਪ੍ਰੇਮ, ਸਦਭਾਵਨਾ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ ਅਤੇ ਸਾਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਹਨ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਦਾ ਸਨਮਾਨ ਅਤੇ ਅਧਿਕਾਰ ਮਿਲੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਤਿਆਰ ਕਰਵਾਉਣਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਜਾ ਰਹੀ ਇਸ ਫਿਲਮ ਨਾਲ ਲੋਕਾਂ ਨੂੰ ਗੁਰੂ ਜੀ ਦੇ ਸੰਦੇਸ਼ ਨੂੰ ਸਮਝਣ ਅਤੇ ਆਪਣੇ ਜੀਵਨ ਵਿੱਚ ਅਪਣਾਉਣ ਦਾ ਮੌਕਾ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਵਿਚਾਰਧਾਰਾ ਸਮਾਜ ਵਿੱਚੋਂ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਸੇਧ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਵਿੱਚ ਆਪਸੀ ਸਾਂਝ, ਸਦਭਾਵਨਾ ਅਤੇ ਬਰਾਬਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਡਾਕੂਮੈਂਟਰੀ ਨੂੰ ਦੇਖਣ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।