ਖਰੜ, ਕੁਰਾਲੀ ਤੇ ਖਿਜ਼ਰਾਬਾਦ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਦਾ ਪਰਮਿੰਦਰ ਸਿੰਘ ਗੋਲਡੀ ਨੇ ਲਿਆ ਜਾਇਜ਼ਾ

ਖਰੜ (ਸਹਿਜਧਾਰਾ ਬਿਊਰੋ), 01 ਅਕਤੂਬਰ: ਪੰਜਾਬ ਭਰ ਦੀਆਂ ਅਨਾਜ ਮੰਡੀਆਂ ਵਿੱਚ ਅੱਜ 01 ਅਕਤੂਬਰ ਤੋਂ ਸਰਕਾਰੀ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਇਸੇ ਤਹਿਤ ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਸ. ਪਰਮਿੰਦਰ ਸਿੰਘ ਗੋਲਡੀ ਨੇ ਅੱਜ ਖਰੜ, ਕੁਰਾਲੀ ਅਤੇ ਖਿਜ਼ਰਾਬਾਦ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਗੋਲਡੀ ਨੇ ਤਿੰਨਾਂ ਮੰਡੀਆਂ ਵਿੱਚ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਸਟਾਫ ਨਾਲ ਗੱਲਬਾਤ ਕਰਕੇ ਝੋਨੇ ਦੀ ਆਮਦ, ਖਰੀਦ, ਤੋਲ, ਲਿਫਟਿੰਗ ਅਤੇ ਕਿਸਾਨਾਂ ਲਈ ਕੀਤੇ ਗਏ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਝੋਨੇ ਦੀ ਖਰੀਦ ਸਬੰਧੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਫ਼ਸਲ ਦੀ ਖਰੀਦ ਸਮੇਂ ਸਿਰ ਹੋਵੇ, ਇਸ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਦੀ ਖੁਸ਼ੀ ਵਿੱਚ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਕਿਸਾਨਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਬਹਾਦਰ ਸਿੰਘ, ਪ੍ਰਧਾਨ ਨਗਰ ਕੌਂਸਲ ਕੁਰਾਲੀ, ਸੁਖਵਿੰਦਰ ਸਿੰਘ ਬਿੱਟੂ, ਚੇਅਰਮੈਨ ਮਾਰਕੀਟ ਕਮੇਟੀ ਖਰੜ, ਕੁਸ਼ਲਪਾਲ ਰਾਣਾ, ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਰਾਮ ਸਰੂਪ, ਬਲਜੀਤ ਸਿੰਘ (ਮੀਡੀਆ ਇੰਚਾਰਜ, ਹਲਕਾ ਖਰੜ, ਆਪ), ਪ੍ਰਿੰਸ ਧਾਲੀਵਾਲ, ਬਲਾਕ ਪ੍ਰਧਾਨ ਜੁਝਾਰ ਸਿੰਘ, ਸਤਵਿੰਦਰ ਸਿੰਘ, ਸੁਰਿੰਦਰ ਸਿੰਘ, ਜੱਗੀ ਕਦੀਮਾਜਰਾ, ਗੁਰਿੰਦਰ ਸਿੰਘ ਸਾਬਕਾ ਸਰਪੰਚ ਖਿਜਰਾਬਾਦ, ਇੰਦਰਜੀਤ ਸਿੰਘ ਗਿੱਲ, ਅਨਿਲ ਭਾਟੀਆ, ਸੁਖਦੇਵ ਸਿੰਘ ਪੰਚ, ਨਰਿੰਦਰ ਸ਼ਰਮਾ ਅਤੇ ਸੋਨੂੰ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਤੋਂ ਇਲਾਵਾ ਮਾਰਕੀਟ ਕਮੇਟੀ ਖਰੜ ਅਤੇ ਕੁਰਾਲੀ ਦੇ ਅਧਿਕਾਰੀ ਤੇ ਸਟਾਫ ਵੀ ਮੌਜੂਦ ਰਹੇ। ਬਲਾਕ ਸਮਿਤੀ ਮੈਂਬਰ ਬਲਜੀਤ ਸਿੰਘ, ਜਗਜੀਤ ਸਿੰਘ ਅਤੇ ਜਗਤਾਰ ਸਿੰਘ ਤੋਂ ਇਲਾਵਾ ਕਿਸਾਨ ਆਗੂ ਦਵਿੰਦਰ ਸਿੰਘ, ਜਸਪਾਲ ਸਿੰਘ ਅਤੇ ਗੁਰਮੀਤ ਸਿੰਘ ਵੀ ਇਸ ਮੌਕੇ ਹਾਜ਼ਰ ਸਨ।
