18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰੇਕ ਯੋਗ ਨੌਜਵਾਨ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ
ਖਰੜ (ਸਹਿਜਧਾਰਾ ਬਿਊਰੋ) , 24 ਸਤੰਬਰ:
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਲਗਾਤਾਰ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਪਾਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 62 ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਉਨ੍ਹਾਂ ਦੇ ਫਾਰਮ ਨੰਬਰ-6 ਭਰਵਾਏ ਗਏ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ਿਸ਼ ਸਿੰਘ ਅੰਟਾਲ ਨੇ ਨੌਜਵਾਨਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਯੋਗ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
