ਰੋਲ ਆਬਜ਼ਰਵਰ ਮੁਹੰਮਦ ਤਾਇਅਬ ਵੱਲੋਂ ਐਸ.ਏ.ਐਸ. ਨਗਰ ਵਿੱਚ ਐਸ.ਆਈ.ਆਰ.-2026 ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ
ਅਧਿਕਾਰੀਆਂ ਨੂੰ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਪੂਰੀ ਸਾਵਧਾਨੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਨ ਦੇ ਨਿਰਦੇਸ਼
251 ਨਿਪਟਾਏ ਜਾ ਚੁੱਕੇ ਦਾਅਵਿਆਂ ਤੇ ਇਤਰਾਜ਼ਾਂ ਦੇ ਵੇਰਵਿਆਂ ਦੀ ਬਾਰੀਕੀ ਨਾਲ ਕੀਤੀ ਜਾਂਚ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸਹਿਜਧਾਰਾ ਬਿਊਰੋ), 25 ਸਤੰਬਰ: ਭਾਰਤੀ ਦੇ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ (ਐਸਆਈਆਰ)-2026 ਤਹਿਤ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੋਲ ਆਬਜ਼ਰਵਰ ਮੁਹੰਮਦ ਤਾਇਅਬ, ਆਈ.ਏ.ਐਸ. ਵੱਲੋਂ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦਾ ਦੌਰਾ ਕਰਕੇ ਸੁਪਰ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਡੇਰਾਬੱਸੀ ਵਿਖੇ ਵੀ ਪਹੁੰਚ ਕੇ ਫਾਰਮਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਰੋਲ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫੈਸਲਾ ਕਰਦੇ ਸਮੇਂ ਪੂਰੀ ਸਾਵਧਾਨੀ, ਨਿਰਪੱਖਤਾ ਅਤੇ ਪਾਰਦਰਸ਼ਤਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦੀ ਨਿਰਧਾਰਤ ਨਿਯਮਾਂ ਅਨੁਸਾਰ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਕਿਸੇ ਵੀ ਯੋਗ ਵਿਅਕਤੀ ਨੂੰ ਕਿਸੇ ਕਿਸਮ ਦੀ ਬੇਇਨਸਾਫ਼ੀ ਦਾ ਅਹਿਸਾਸ ਨਾ ਹੋਵੇ।

ਇਸ ਮੌਕੇ ਰੋਲ ਆਬਜ਼ਰਵਰ ਵੱਲੋਂ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਨਿਪਟਾਏ ਗਏ 251 ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਬੰਧਤ ਵੇਰਵਿਆਂ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਅਧਿਕਾਰੀਆਂ ਨੂੰ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਵਿੱਚ ਤੱਥਾਂ ਦੀ ਸ਼ੁੱਧਤਾ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨਿਰਧਾਰਤ ਸਮਾਂ-ਸਾਰਣੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਣੀ ਨਿਰਧਾਰਤ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਅਤੇ ਤਹਿਸੀਲਦਾਰ ਚੋਣ ਹਰਪ੍ਰੀਤ ਕੌਰ ਵੀ ਹਾਜ਼ਰ ਸਨ।