ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਭਰਤਪੁਰ, ਸੋਏਮਾਜਰਾ ਤੇ ਚੂਹੜਮਾਜਰਾ ਵਿਖੇ ਦਿਖਾਈ ਗਈ
ਖਰੜ (ਸਹਿਜਧਾਰਾ ਬਿਊਰੋ), 26 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਪਿੰਡ-ਪਿੰਡ ਦਿਖਾਉਣ ਦੀ ਲੜੀ ਤਹਿਤ ਖਰੜ ਬਲਾਕ ਦੇ ਪਿੰਡ ਭਰਤਪੁਰ, ਸੋਏਮਾਜਰਾ ਅਤੇ ਚੂਹੜਮਾਜਰਾ ਵਿਖੇ 30 ਮਿੰਟ ਦੀ ਡਾਕੂਮੈਂਟਰੀ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ। ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਮਿਹਨਤ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ। ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ ਇਸ ਡਾਕੂਮੈਂਟਰੀ ਨੂੰ ਪਿੰਡ ਵਾਸੀਆਂ ਵੱਲੋਂ ਰੁਚੀ ਨਾਲ ਦੇਖਿਆ ਗਿਆ। ਇਸ ਦੌਰਾਨ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ। ਗੁਰਮੀਤ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
