ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਪਹਿਲੇ ਦਿਨ 300 ਕਿਸਾਨਾਂ ਤੋਂ ਕਰੀਬ 2000 ਮੀਟ੍ਰਿਕ ਟਨ ਝੋਨਾ ਖਰੀਦਿਆ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦੇਣ ਦੇ ਨਿਰਦੇਸ਼
ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸਹਿਜਧਾਰਾ ਬਿਊਰੋ), 1 ਅਕਤੂਬਰ: ਸਾਉਣੀ ਮੰਡੀਕਰਨ ਸੀਜ਼ਨ 2026-27 ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਸ਼ੁਰੂ ਹੋ ਗਈ। ਖਰੀਦ ਦੇ ਪਹਿਲੇ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 300 ਕਿਸਾਨਾਂ ਤੋਂ ਕਰੀਬ 2000 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਈ.ਏ.ਐੱਸ. ਨੇ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 18 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਖਰੀਦ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਵੱਧ ਨਮੀ ਕਾਰਨ ਖਰੀਦ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਨਿਰਧਾਰਤ ਨਮੀ ਦੀ ਹੱਦ ਅਨੁਸਾਰ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਖਰੀਦ ਪ੍ਰਕਿਰਿਆ ਵਿੱਚ ਪ੍ਰਸ਼ਾਸਨ ਤੇ ਖਰੀਦ ਏਜੰਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਝੋਨੇ ਦੀ ਪਰਾਲੀ ਦਾ ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਮਦਦ ਨਾਲ ਯੋਗ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਦਾ ਜ਼ਿੰਮੇਵਾਰੀ ਨਾਲ ਪ੍ਰਬੰਧਨ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਸਾਫ਼ ਹਵਾ ਨੂੰ ਯਕੀਨੀ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਵੇਗਾ।