ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਹਸਨਪੁਰ ਤੇ ਅੱਲਾਪੁਰ ਵਿਖੇ ਦਿਖਾਈ ਗਈ
ਖਰੜ (ਸਹਿਜਧਾਰਾ ਬਿਊਰੋ) 02 ਅਕਤੂਬਰ:
ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਖਰੜ ਬਲਾਕ ਦੇ ਪਿੰਡ ਹਸਨਪੁਰ ਅਤੇ ਅੱਲਾਪੁਰ ਵਿਖੇ ਵਿਸ਼ੇਸ਼ ਵੈਨ ਰਾਹੀਂ ਐਲ.ਸੀ.ਡੀ. ਸਕਰੀਨ ਉੱਪਰ ਦਿਖਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਗਭਗ 30 ਮਿੰਟ ਦੀ ਇਸ ਵਿਸ਼ੇਸ਼ ਡਾਕੂਮੈਂਟਰੀ ਨੂੰ ਵਿਸ਼ੇਸ਼ ਵੈਨ ਰਾਹੀਂ ਪਿੰਡਾਂ ਵਿੱਚ ਲਿਜਾ ਕੇ ਐਲ.ਸੀ.ਡੀ. ਸਕਰੀਨ ’ਤੇ ਲੋਕਾਂ ਨੂੰ ਦਿਖਾਇਆ ਜਾ ਰਿਹਾ ਹੈ।

ਪਿੰਡ ਹਸਨਪੁਰ ਅਤੇ ਅੱਲਾਪੁਰ ਵਿਖੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਇਸ ਡਾਕੂਮੈਂਟਰੀ ਨੂੰ ਦੇਖਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰਕ ਸਾਂਝ, ਮਨੁੱਖੀ ਏਕਤਾ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।