ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਪੰਜਾਬ ਸਰਕਾਰ ਵੱਲੋਂ ਆਉਣ-ਜਾਣ ਤੇ ਰਹਿਣ-ਸਹਿਣ ਦੇ ਪ੍ਰਬੰਧ: ਕੁਲਵੰਤ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਵਰਿੰਦਾਵਨ ਤੇ ਮਥੁਰਾ ਲਈ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸਹਿਜਧਾਰਾ ਬਿਊਰੋ), 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ (50 ਸਾਲ ਤੋਂ ਉੱਪਰ ਉਮਰ) ਨੂੰ ਵਰਿੰਦਾਵਨ ਅਤੇ ਮਥੁਰਾ ਦੇ ਧਾਰਮਿਕ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਸਕੂਨ ਦੀ ਗੱਲ ਹੈ ਕਿ ਵਰਿੰਦਾਵਨ ਅਤੇ ਮਥੁਰਾ ਦੇ ਦਰਸ਼ਨਾਂ ਲਈ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਇਹ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੱਜ ਮੋਹਾਲੀ ਤੋਂ ਵਰਿੰਦਾਵਨ ਅਤੇ ਮਥੁਰਾ ਲਈ ਰਵਾਨਾ ਹੋਏ ਹਨ ਅਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸ਼ਰਧਾਲੂ ਜਿਹੜੀਆਂ ਮਨੋਕਾਮਨਾਵਾਂ ਲੈ ਕੇ ਯਾਤਰਾ ’ਤੇ ਜਾ ਰਹੇ ਹਨ, ਉਹ ਪੂਰੀਆਂ ਹੋਣ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਬਾਲਮੀਕੀ ਮੰਦਰ, ਵਾਹਗਾ ਸਰਹੱਦ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਭੇਜਿਆ ਜਾ ਰਿਹਾ ਸੀ। ਹੁਣ ਇਸ ਯੋਜਨਾ ਤਹਿਤ ਵਰਿੰਦਾਵਨ, ਮਥੁਰਾ, ਖਾਟੂ ਸ਼ਿਆਮ, ਸਾਲਾਸਰ, ਹਰਿਦੁਆਰ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦੇ ਸਮੁੱਚੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ 50 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਯਾਤਰਾ ’ਤੇ ਰਵਾਨਾ ਹੋ ਰਹੇ ਸ਼ਰਧਾਲੂਆਂ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਸਬੰਧੀ ਵਿਸਥਾਰਤ ਰਿਪੋਰਟ ਸਮੇਂ-ਸਮੇਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੀ ਜਾਂਦੀ ਹੈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਧਾਰਮਿਕ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਨਾਲ ਇੱਕ ਗਾਈਡ ਵੀ ਮੌਜੂਦ ਰਹਿੰਦਾ ਹੈ, ਜੋ ਉਨ੍ਹਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਧਾਰਮਿਕ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਸੁਸ਼ੀਲ ਕੁਮਾਰ, ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਡਿਪਟੀ ਮੇਅਰ ਨਗਰ ਨਿਗਮ ਮੋਹਾਲੀ, ਰਪਿੰਦਰ ਸਿੰਘ ਰੂਪਾ ਸੁਹਾਣਾ, ਹਰਜੀਤ ਸਿੰਘ ਭੋਲੂ, ਕੌਂਸਲਰ, ਜਸਪਾਲ ਸਿੰਘ ਮਟੌਰ, ਅਮਰਜੀਤ ਸਿੰਘ ਸਿੱਧੂ, ਤਰਲੋਚਨ ਸਿੰਘ ਮਟੌਰ, ਲਖਵਿੰਦਰ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਸਮੇਤ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।