ਐਮ ਐਲ ਏ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਆਰੋਗਿਆ ਕੇਂਦਰ, ਸੈਕਟਰ-69 ਵਿਖੇ ਲਾਭਪਾਤਰੀਆਂ ਨੂੰ ਵੰਡੇ

ਯੋਜਨਾ ਲੋੜਵੰਦਾਂ ਅਤੇ ਆਮ ਲੋਕਾਂ ਨੂੰ ਨਕਦ ਰਹਿਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ : ਵਿਧਾਇਕ ਕੁਲਵੰਤ ਸਿੰਘ
ਐੱਮ.ਐੱਮ.ਐੱਸ.ਵਾਈ. ਤਹਿਤ ਪੰਜਾਬ ਦੇ 909 ਸੂਚੀਬੱਧ ਹਸਪਤਾਲਾਂ ਵਿੱਚ 2,356 ਇਲਾਜ ਪੈਕੇਜ ਉਪਲਬਧ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਸਤੰਬਰ: ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਮੋਹਾਲੀ ਦੇ ਸੈਕਟਰ-69 ਸਥਿਤ ਆਰੋਗਿਆ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਦੇ ਕਾਰਡ ਵੰਡੇ। ਉਨ੍ਹਾਂ ਨੇ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦੀ ਵਿਆਪਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੱਖ-ਵੱਖ ਬਿਮਾਰੀਆਂ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੇ ਪਰਿਵਾਰਾਂ ’ਤੇ ਸਿਹਤ ਸੇਵਾਵਾਂ ਦਾ ਵਿੱਤੀ ਬੋਝ ਘਟਾਉਣ ਵਿੱਚ ਮਦਦ ਕੀਤੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਤੁਰੰਤ ਇਲਾਜ ਦੇ ਖਰਚਿਆਂ ਦੀ ਚਿੰਤਾ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਪ੍ਰਾਪਤ ਕਰਨ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਭਰ ਵਿੱਚ 54 ਲੱਖ ਤੋਂ ਵੱਧ ਪਰਿਵਾਰ ਇਸ ਯੋਜਨਾ ਤਹਿਤ ਰਜਿਸਟਰਡ ਹੋ ਚੁੱਕੇ ਹਨ, ਜਦਕਿ ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿੱਚ ਲਗਭਗ 1.80 ਲੱਖ ਲਾਭਪਾਤਰੀ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।

ਵਿਧਾਇਕ ਨੇ ਕਿਹਾ ਕਿ ਇਸ ਯੋਜਨਾ ਤਹਿਤ 909 ਸੂਚੀਬੱਧ ਹਸਪਤਾਲਾਂ ਵਿੱਚ 2,356 ਇਲਾਜ ਪੈਕੇਜ ਉਪਲਬਧ ਹਨ, ਜਿਨ੍ਹਾਂ ਵਿੱਚ 684 ਨਿੱਜੀ ਅਤੇ 225 ਸਰਕਾਰੀ ਹਸਪਤਾਲ ਸ਼ਾਮਲ ਹਨ।ਇਹ ਸੂਚੀਬੱਧ ਸਿਹਤ ਸੰਸਥਾਵਾਂ ਸੂਬੇ ਭਰ ਦੇ ਲਾਭਪਾਤਰੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਇਸ ਮੌਕੇ ਸਰਸਵਤੀ ਕਾਲਜ ਆਫ਼ ਨਰਸਿੰਗ, ਘੜੂੰਆਂ ਦੇ ਵਿਦਿਆਰਥੀਆਂ ਨੇ ਸਿਹਤ ਕਾਰਡਾਂ ਦੀ ਮਹੱਤਤਾ ਅਤੇ ਯੋਜਨਾ ਤਹਿਤ ਉਪਲਬਧ ਸਿਹਤ ਸਹੂਲਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ। ਅੰਬਿਕਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੀ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਲਈ ਰੰਗ-ਬਿਰੰਗੀ ਰੰਗੋਲੀ ਬਣਾਈ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਿਵਲ ਸਰਜਨ, ਮੋਹਾਲੀ, ਡਾ. ਸੰਗੀਤਾ ਜੈਨ, ਡਾਇਰੈਕਟਰ-ਪ੍ਰਿੰਸੀਪਲ, ਡਾ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਡਾ. ਨਵਦੀਪ ਸਿੰਘ ਸੈਣੀ, ਐੱਸ.ਐੱਮ.ਓ. ਡਾ. ਪਰਮਿੰਦਰਜੀਤ ਸਿੰਘ ਅਤੇ ਡਾ. ਤਰਨਜੋਤ ਕੌਰ ਸ਼ਾਮਲ ਸਨ।
